Today’s Hukamnama from Gurdwara Sri Ber Sahib Sultanpur Lodhi

47

ਸ਼ੁੱਕਰਵਾਰ 31 ਮਈ 2019 (17 ਜੇਠ ਸੰਮਤ 551 ਨਾਨਕਸ਼ਾਹੀ)

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}

ਪਦਅਰਥ: ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ।੧।ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ।ਰਹਾਉ।ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ।੨।ਅਚਰਜੁ = ਹੈਰਾਨ ਕਰਨ ਵਾਲਾ ਤਮਾਸ਼ਾ। ਜਨ = ਹੇ ਜਨੋ! ਭਾਈ = ਹੇ ਭਾਈ! ਦੁਬਿਧਾ = ਮਨ ਦੀ ਡਾਂਵਾਂ = ਡੋਲ ਹਾਲਤ, ਮੇਰ = ਤੇਰ। ਮੰਨਿ = ਮਨਿ, ਮਨ ਵਿਚ। ਅਮੋਲਕੁ = ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ। ਪਰਸਾਦਿ = ਕਿਰਪਾ ਨਾਲ। ਆਇ = ਆ ਕੇ।੩।ਸਭ ਮਹਿ = ਸਭ ਜੀਵਾਂ ਵਿਚ। ਸੋਇ = ਉਹੀ। ਗੁਰਮਤਿ = ਗੁਰੂ ਦੀ ਮਤਿ ਉਤੇ ਤੁਰਿਆਂ। ਘਟਿ = ਹਿਰਦੇ ਵਿਚ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਜਿਨਿ = ਜਿਸ (ਮਨੁੱਖ) ਨੇ। ਜਾਣਿ = ਸਾਂਝ ਪਾ ਕੇ। ਮਾਨਿਆ = ਪਤੀਜ ਜਾਂਦਾ ਹੈ।੪।

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।