ਵੀਰਵਾਰ 25 ਅਕਤੂਬਰ 2018 (9 ਕੱਤਕ ਸੰਮਤ 550 ਨਾਨਕਸ਼ਾਹੀ)
ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ {ਅੰਗ 665}
ਪਦਅਰਥ: ਕਾਚਾ = ਕੱਚਾ, ਟੁੱਟ ਜਾਣ ਵਾਲਾ, ਨਾਸ ਹੋ ਜਾਣ ਵਾਲਾ। ਸੰਚਹਿ = ਇਕੱਠਾ ਕਰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਭੂਲੇ = ਕੁਰਾਹੇ ਪਏ ਹੋਏ। ਅੰਧ = (ਮਾਇਆ ਦੇ ਮੋਹ ਵਿਚ) ਅੰਨ੍ਹੇ। ਬਿਖਿਆ = ਮਾਇਆ। ਕੈ ਧਨਿ = ਦੇ ਧਨ ਨਾਲ। ਪਰਾਪਤਿ = ਰਜੇਵਾਂ, ਤਸੱਲੀ, ਸੰਤੋਖ।੧।
ਸਾਚਾ = ਸਦਾ ਕਾਇਮ ਰਹਿਣ ਵਾਲਾ। ਗੁਰਮਤੀ = ਗੁਰੂ ਦੀ ਮਤਿ ਉੱਤੇ ਤੁਰ ਕੇ। ਫੁਨਿ = ਮੁੜ ਮੁੜ। ਆਵੈ = ਮਿਲਦਾ ਹੈ, ਲੱਭਦਾ ਹੈ। ਜਾਏ = ਹੱਥੋਂ ਖੁੱਸ ਜਾਂਦਾ ਹੈ।ਰਹਾਉ।
ਸਭਿ = ਸਾਰੇ। ਮਰਹਿ = ਆਤਮਕ ਜੀਵਨ ਗਵਾ ਲੈਂਦੇ ਹਨ। ਭਵਜਲਿ = ਸੰਸਾਰ = ਸਮੁੰਦਰ ਵਿਚ। ਉਰਵਾਰਿ = ਉਰਲੇ ਬੰਨੇ। ਪਾਰਿ = ਪਾਰਲੇ ਬੰਨੇ। ਭੇਟੇ = ਮਿਲਦਾ ਹੈ। ਭਾਗਿ = ਕਿਸਮਤ ਨਾਲ। ਸਾਚਿ = ਸਦਾ-ਥਿਰ ਹਰਿ = ਨਾਮ ਵਿਚ। ਰਤੇ = ਮਸਤ। ਅਹਿ = ਦਿਨ। ਨਿਸਿ = ਰਾਤ। ਬੈਰਾਗਿ = ਵੈਰਾਗ ਵਿਚ।੨।
ਚਹੁ ਜੁਗ ਮਹਿ = ਚੌਹਾਂ ਜੁਗਾਂ ਵਿਚ, ਸਦਾ ਹੀ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ। ਸਾਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ। ਨਾਮਿ = ਨਾਮ ਵਿਚ। ਸਿਧ = ਕਰਾਮਾਤੀ ਜੋਗੀ। ਸਾਧਿਕ = ਸਾਧਨਾਂ ਕਰਨ ਵਾਲੇ। ਸਭਿ = ਸਾਰੇ। ਲੋਇ = ਲੋਕ ਵਿਚ, ਜਗਤ ਵਿਚ।੩।
ਸਭੁ ਕਿਛੁ = ਹਰੇਕ ਚੀਜ਼। ਸਾਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਸੋਇ = ਉਹ (ਪ੍ਰਭੂ) ਹੀ। ਕੋਇ = ਕੋਈ ਵਿਰਲਾ ਮਨੁੱਖ। ਪਛਾਣੈ = ਸਾਂਝ ਪਾਂਦਾ ਹੈ। ਸਚੁ ਸਾਚਾ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਸਚੁ = ਸਦਾ-ਥਿਰ ਹਰਿ = ਨਾਮ। ਦ੍ਰਿੜਾਏ = (ਹਿਰਦੇ ਵਿਚ) ਪੱਕਾ ਕਰਦਾ ਹੈ। ਆਪੇ = ਆਪ ਹੀ। ਵੇਖੈ = ਸੰਭਾਲ ਕਰਦਾ ਹੈ। ਸਚਿ = ਸਦਾ-ਥਿਰ ਨਾਮ ਵਿਚ।੪।
ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ।
ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ) । ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨।
ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ) , ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩।
ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ।੪।੭।