ਸਨਿੱਚਰਵਾਰ 1 ਦਸੰਬਰ 2018 (16 ਮੱਘਰ ਸੰਮਤ 550 ਨਾਨਕਸ਼ਾਹੀ)
ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ {ਅੰਗ 567}
ਪਦਅਰਥ: ਪਿਰ = ਪਤੀ। ਕੈ ਰੰਗਿ = ਦੇ ਪ੍ਰੇਮ = ਰੰਗ ਵਿਚ। ਰਤੀ = ਰੰਗੀ ਹੋਈ। ਮੁਈਏ = ਹੇ ਮੁਈਏ! ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀਏ! ਨਾਰੇ = ਹੇ ਜੀਵ = ਇਸਤ੍ਰੀਏ! ਸਚੈ = ਸਦਾ-ਥਿਰ ਪ੍ਰਭੂ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਰਾਵੇ = ਮਾਣਦਾ ਹੈ, ਮਿਲਿਆ ਹੋਇਆ ਹੈ। ਭਾਇ = ਪ੍ਰੇਮ ਦੇ ਕਾਰਨ। ਕੰਤਿ = ਕੰਤ ਨੇ। ਸਿਉ = ਨਾਲ। ਨੇਹੁ = ਪਿਆਰ। ਆਪੁ = ਆਪਾ = ਭਾਵ। ਸਾ ਧਨ = ਜੀਵ = ਇਸਤ੍ਰੀ। ਸੁਹਾਈ = ਸੋਹਣੇ ਜੀਵਨ ਵਾਲੀ। ਕਸਾਈ = ਖਿੱਚੀ ਹੋਈ। ਪ੍ਰੇਮ ਕਸਾਈ = ਪ੍ਰੇਮ ਦੀ ਖਿੱਚੀ ਹੋਈ। ਪਿਰਿ = ਪਿਰ ਨੇ {ਨੋਟ:ਲਫ਼ਜ਼ ‘ਪਿਰ‘, ‘ਪਿਰੁ‘ ਅਤੇ ‘ਪਿਰਿ‘ ਦੇ ਵਿਆਕਰਣਿਕ ਅਰਥ ਦਾ ਖਿਆਲ ਰੱਖੋ}। ਸਾਹਿ = ਸ਼ਾਹਿ, ਸ਼ਾਹ ਨੇ।੧।
ਅਰਥ: ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।
ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਜਦੋਂ ਜੀਵ-ਇਸਤ੍ਰੀ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਮਨ ਪ੍ਰਭੂ ਵਿਚ) ਲੀਨ ਹੋ ਗਿਆ।
ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤਿ ਟਿਕੀ ਰਹਿੰਦੀ ਹੈ। ਹੇ ਨਾਨਕ! ਆਖ-) ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ।੧।
ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥ {ਪੰਨਾ 567-568}
ਪਦਅਰਥ: ਨਿਰਗੁਣਵੰਤੜੀਏ = ਹੇ ਗੁਣਾਂ ਤੋਂ ਸੱਖਣੀ ਜਿੰਦੇ! ਹਦੂਰੇ = ਹਾਜ਼ਰ = ਨਾਜ਼ਰ, ਅੰਗ = ਸੰਗ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਰਾਵਿਆ = ਹਿਰਦੇ ਵਿਚ ਵਸਾਇਆ। ਮੁਈਏ = ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਰਵਿ ਰਹਿਆ = ਵਿਆਪਕ ਹੈ। ਹਜੂਰੇ = ਅੰਗ = ਸੰਗ। ਜੁਗਿ ਜੁਗਿ = ਹਰੇਕ ਜੁਗ ਵਿਚ। ਏਕੋ = ਇਕ ਪ੍ਰਭੂ ਹੀ। ਜਾਤਾ = ਪ੍ਰਸਿੱਧ। ਧਨ = ਜੀਵ = ਇਸਤ੍ਰੀ। ਬਾਲੀ = ਬਾਲ = ਸੁਭਾਵ ਵਾਲੀ। ਭੋਲੀ = ਭੋਲੇ ਸੁਭਾਵ ਵਾਲੀ। ਸਹਜਿ = ਆਤਮਕ ਅਡੋਲਤਾ ਵਿਚ। ਕਰਮ ਵਿਧਾਤਾ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਜਿਨਿ = ਜਿਸ ਨੇ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੁਭਾਖਿਆ = ਉਚਾਰਿਆ, ਸਿਫ਼ਤਿ-ਸਾਲਾਹ ਕੀਤੀ। ਹਰਿ ਸਰਿ = ਹਰੀ = ਸਰੋਵਰ ਵਿਚ। ਕਾਮਣਿ = ਜੀਵ = ਇਸਤ੍ਰੀ। ਸਾ = ਉਹ {ਇਸਤ੍ਰੀ ਲਿੰਗ}। ਪਿਰ ਭਾਵੈ = ਪਿਰ ਨੂੰ ਚੰਗੀ ਲੱਗਦੀ ਹੈ।੨।
ਅਰਥ: ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਹੇ ਜਿੰਦੇ! ਪ੍ਰਭੂ-ਪਤੀ ਜ਼ੱਰੇ ਜ਼ੱਰੇ ਵਿਚ ਵਿਆਪਕ ਹੈ; ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ। ਉਹ ਪ੍ਰਭੂ ਹੀ ਹਰੇਕ ਜੁਗ ਵਿਚ (ਜੀਊਂਦਾ-ਜਾਗਦਾ) ਪ੍ਰਸਿੱਧ ਹੈ। ਜੇਹੜੀ ਜੀਵ-ਇਸਤ੍ਰੀ ਬਾਲ-ਸੁਭਾਵ ਹੋ ਕੇ ਭੋਲੇ ਸੁਭਾਵ ਵਾਲੀ ਬਣ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਪ੍ਰਭੂ-ਪਤੀ ਨੂੰ ਯਾਦ ਕਰਦੀ ਰਹਿੰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਹੇ ਜਿੰਦੇ! ਜਿਸ ਜੀਵ-ਇਸਤ੍ਰੀ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਉਸ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਹੇ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ।੨।
ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥ {ਪੰਨਾ568}
ਪਦਅਰਥ: ਸੋਹਾਗਣੀ = ਉਹ ਜੀਵ = ਇਸਤ੍ਰੀਆਂ ਜਿਨ੍ਹਾਂ ਨੇ ਪ੍ਰਭੂ = ਪਤੀ ਨੂੰ ਪ੍ਰਸੰਨ ਕਰ ਲਿਆ ਹੈ। ਜਾਇ = ਜਾ ਕੇ। ਮੁਈਏ = ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਆਪੁ = ਆਪਾ = ਭਾਵ। ਰੰਗ ਸਿਉ = ਆਨੰਦ ਨਾਲ। ਰੰਗਿ = ਪ੍ਰੇਮ = ਰੰਗ ਵਿਚ। ਰਾਤੀ = ਰੰਗੀ ਹੋਈ। ਸਹਜੇ = ਆਤਮਕ ਅਡੋਲਤਾ ਵਿਚ। ਮਾਤੀ = ਮਸਤ। ਅਨਦਿਨੁ = ਹਰ ਰੋਜ਼, ਹਰ ਵੇਲੇ। ਸੁਭਾਇਆ = ਪਸੰਦ ਆਇਆ। ਜਿਨਿ = ਜਿਸ ਨੇ। ਸਚੁ = ਸਦਾ-ਥਿਰ ਹਰਿ = ਨਾਮ।੩।
ਅਰਥ: ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਜਾ ਕੇ (ਉਹਨਾਂ) ਸੁਹਾਗਣਾਂ ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ। ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ। ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ, ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਪ੍ਰਭੂ-ਪਤੀ ਪ੍ਰੇਮ ਨਾਲ ਉਹਨਾਂ ਨੂੰ ਆਪਣਾ ਮਿਲਾਪ ਬਖ਼ਸ਼ੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਸ਼ਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ।੩।
ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥ {ਪੰਨਾ 568}
ਪਦਅਰਥ: ਗੁਰ ਕੈ ਭਾਏ = ਗੁਰ ਕੈ ਭਾਇ, ਗੁਰੂ ਦੇ ਪ੍ਰੇਮ ਵਿਚ, ਗੁਰੂ ਦੇ ਅਨੁਸਾਰ। ਵਰੁ = ਖਸਮ। ਰਾਵਹਿ = ਤੂੰ ਮਿਲਾਪ ਪ੍ਰਾਪਤ ਕਰ ਲਏਂਗੀ। ਨਿਜ ਘਰਿ = ਆਪਣੇ ਅਸਲ ਘਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਪਾਏ = ਪਾਇ, ਪਾ ਕੇ। ਵਜਾਏ = ਵਜਾਂਦੀ ਹੈ, ਪ੍ਰਭਾਵ ਹਿਰਦੇ ਵਿਚ ਵਸਾਂਦੀ ਹੈ। ਰਲੀਆਲਾ = ਰਲੀਆਂ ਦਾ ਘਰ, ਆਨੰਦ ਦਾ ਸੋਮਾ। ਬਾਲਾ = ਜਵਾਨ। ਕੰਤਿ = ਕੰਤ ਨੇ। ਅਨਦਿਨੁ = ਹਰ ਰੋਜ਼। ਮਸਤਕਿ = ਮੱਥੇ ਉਤੇ। ਕਾਮਣਿ = ਜੀਵ = ਇਸਤ੍ਰੀ। ਰੰਗਿ = ਪ੍ਰੇਮ ਵਿਚ।੪।
ਅਰਥ: ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਤੂੰ (ਆਪਣੇ ਅੰਦਰੋਂ) ਹਉਮੈ ਦੂਰ ਕਰ, ਤੇ, ਗੁਰੂ ਦੇ ਅਨੁਸਾਰ ਹੋ ਕੇ (ਜੀਵਨ-ਤੋਰ) ਤੁਰ। (ਜੇ ਤੂੰ ਗੁਰੂ ਦੇ ਅਨੁਸਾਰ ਤੁਰੇਂਗੀ, ਤਾਂ) ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਹਾਸਲ ਕਰ ਕੇ ਤੂੰ ਸਦਾ ਲਈ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਰਹੇਂਗੀ।
ਹੇ ਜਿੰਦੇ! ਜੇਹੜੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਗੁਰ-ਸ਼ਬਦ ਵਸਾ ਲੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦੀ ਹੈ, ਉਹ ਸਦਾ ਵਾਸਤੇ ਭਾਗਾਂ ਵਾਲੀ ਹੋ ਜਾਂਦੀ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਪ੍ਰਭੂ-ਪਤੀ ਆਨੰਦ ਦਾ ਸੋਮਾ ਹੈ, ਪ੍ਰਭੂ-ਪਤੀ ਦਾ ਜੋਬਨ ਸਦਾ ਕਾਇਮ ਰਹਿਣ ਵਾਲਾ ਹੈ, ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਕੰਤ ਨੇ ਸਦਾ ਵਾਸਤੇ ਸੋਹਣੇ ਜੀਵਨ ਵਾਲੀ ਬਣਾ ਦਿੱਤਾ।
ਹੇ ਨਾਨਕ! ਜਦੋਂ ਜੀਵ-ਇਸਤ੍ਰੀ ਗੁਰੂ ਦੇ ਅਨੁਸਾਰ ਤੁਰਦੀ ਹੈ, ਤਾਂ ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਸ ਨੂੰ ਪ੍ਰਭੂ-ਪਤੀ ਸੁਹਾਗ ਮਿਲ ਜਾਂਦਾ ਹੈ, ਉਸ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਸੋਹਣੇ ਆਤਮਕ ਜੀਵਨ ਵਾਲੀ ਬਣ ਜਾਂਦੀ ਹੈ।੪।